ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਜਿਸ ਲੜੀ ਤਹਿਤ ਅੱਜ ਸ਼ਾਮ ਰਣਜੀਤ ਐਵਨਿਊ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਨੂੰ ਉਜਾਗਰ ਕਰਦਾ ਵਿਸ਼ੇਸ਼ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਗਿਆ। ਇਸ ਮੌਕੇ ਆਏ ਲੋਕਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਮਾਗਮ ਨਾ ਕੇਵਲ ਪੰਜਾਬ ਲਈ ਸਗੋਂ ਸਮੁੱਚੇ ਦੇਸ਼ ਤੇ ਮਾਨਵਤਾ ਲਈ ਹਨ, ਜੋ ਕੁਰਬਾਨੀ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਦੇ ਪ੍ਰਤੀਕ ਵਜੋਂ ਬੇਮਿਸਾਲ ਮਹੱਤਵ ਰੱਖਦੇ ਹਨ। ਅਕਾਲ ਪੁਰਖ ਦੀ ਬਖਸ਼ਿਸ਼ ਨਾਲ ਪੰਜਾਬ ਸਰਕਾਰ, ਸ੍ਰੀ ਗੁਰੂ ਤੇਗ ਬਹਾਦਰ ਜੀ ਤੇ ਉਨ੍ਹਾਂ ਦੇ ਪਿਆਰੇ ਸ਼ਹੀਦ ਗੁਰਸਿੱਖਾਂ ਨੂੰ ਯਾਦ ਕਰ ਰਹੀ ਹੈ। 350 ਸਾਲਾ ਸ਼ਹੀਦੀ ਪੁਰਬ ਸਬੰਧੀ ਪੰਜਾਬ ਸਰਕਾਰ ਵੱਲੋਂ ਨਵੰਬਰ ਮਹੀਨੇ ਦੌਰਾਨ ਪੰਜਾਬ ਦੇ ਸਾਰੇ ਜਿਲ੍ਹਿਆਂ ਵਿੱਚ ਵੱਖ-ਵੱਖ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ ਤਾਂ ਜੋ ਮਹਾਨ ਸ਼ਹੀਦਾਂ ਦੇ ਜੀਵਨ ਸਿੱਧਾਤਾਂ ਬਾਰੇ ਬੱਚਿਆਂ, ਨੌਜਵਾਨ ਪੀੜੀ ਅਤੇ ਹਰੇਕ ਉਮਰ ਵਰਗ ਦੇ ਲੋਕਾਂ ਨੂੰ ਜਾਣੂ ਕਰਵਾਇਆ ਜਾ ਸਕੇ।